ਨੇਪਾਲ ਦੇ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਵੱਲੋਂ ਅਸਤੀਫਾ,
ਕਾਠਮੰਡੂ : ਨੇਪਾਲ ਦੇ ਪ੍ਰਧਾਨ ਮੰਤਰੀ ਕੇ ਪੀ ਸ਼ਰਮਾ ਓਲੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਨੇਪਾਲ ਵਿਚ ਸਿਆਸੀ ਸੰਕਟ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਕੇ ਪੀ ਸ਼ਰਮਾ ਓਲੀ ਦੇ ਅਸਤੀਫੇ ਤੋਂ ਬਾਅਦ ਰਾਸ਼ਟਰਪਤੀ ਰਾਮਚੰਦਰ ਨੇ ਵੀ ਅਸਤੀਫਾ ਦੇ ਦਿੱਤਾ ਹੈ ਪਰ ਇਸ ਦੀ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਹੋਈ। ਇਸ ਦੌਰਾਨ ਨੇਪਾਲ ਵਿਚ ਹਾਲਾਤ ਹੋਰ ਵਿਗੜ ਗਏ ਹਨ। ਇਹ ਜਾਣਕਾਰੀ ਮਿਲੀ ਹੈ ਕਿ ਫੌਜ ਮੁਖੀ ਦੇਸ਼ ਦੇ ਲੋਕਾਂ ਨੂੰ ਸੰਬੋਧਨ ਕਰਨਗੇ।
ਨੇਪਾਲ ਵਿਚ ਭ੍ਰਿਸ਼ਟਾਚਾਰ ਦੇ ਮਾਮਲੇ ਤੇ ਸੋਸ਼ਲ ਮੀਡੀਆ ਐਪਲੀਕੇਸ਼ਨ ’ਤੇ ਪਾਬੰਦੀ ਤੋਂ ਬਾਅਦ ਦੇਸ਼ ਭਰ ਵਿਚ ਪ੍ਰਦਰਸ਼ਨ ਹੋ ਰਹੇ ਹਨ ਤੇ ਅੱਜ ਵੱਡੀ ਗਿਣਤੀ ਵਿਚ ਪ੍ਰਦਰਸ਼ਨਕਾਰੀ ਸੰਸਦ ਭਵਨ ਵਿਚ ਦਾਖਲ ਹੋ ਗਏ। ਇਸ ਤੋਂ ਪਹਿਲਾਂ ਨੇਪਾਲ ਦੇ ਫੌਜ ਮੁਖੀ ਨੇ ਪ੍ਰਧਾਨ ਮੰਤਰੀ ਨੂੰ ਇਹ ਕਹਿੰਦਿਆਂ ਅਸਤੀਫਾ ਦੇਣ ਲਈ ਕਿਹਾ ਸੀ ਕਿ ਅਸਤੀਫਾ ਦੇਣ ਨਾਲ ਹਾਲਾਤ ਸੁਧਰ ਸਕਦੇ ਹਨ। ਇਸ ਤੋਂ ਪਹਿਲਾਂ ਓਲੀ ਸਰਕਾਰ ਦੇ ਤਿੰਨ ਮੰਤਰੀਆਂ ਨੇ ਵੀ ਅਸਤੀਫਾ ਦਿੱਤਾ ਸੀ ਤੇ ਵਿਰੋਧੀ ਪਾਰਟੀਆਂ ਵਲੋਂ ਪ੍ਰਧਾਨ ਮੰਤਰੀ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪ੍ਰਦਰਸ਼ਨਕਾਰੀ ਨੇਪਾਲ ਦੀ ਸੰਸਦ ਵਿਚ ਦਾਖਲ ਹੋ ਗਏ ਅਤੇ ਅੱਗ ਲਾ ਦਿੱਤੀ। ਸਾਹਮਣੇ ਆਈਆਂ ਤਸਵੀਰਾਂ ਵਿੱਚ ਨੇਪਾਲੀ ਸੰਸਦ ਚੋਂ ਧੂੰਏ ਦੇ ਕਾਲੇ ਬੱਦਲ ਦਿਖਾਈ ਦੇ ਰਹੇ ਹਨ। ਇਸ ਮੌਕੇ ਏਅਰ ਇੰਡੀਆ ਨੇ ਨੇਪਾਲ ਲਈ ਹਵਾਈ ਉਡਾਣਾਂ ਮੁਅੱਤਲ ਕਰ ਦਿੱਤੀਆਂ ਹਨ। ਇਹ ਫੈਸਲਾ ਨੇਪਾਲ ਦੇ ਮੁੱਖ ਹਵਾਈ ਅੱਡੇ ਨੂੰ ਬੰਦ ਕਰਨ ਤੇ ਹਿੰਸਕ ਪ੍ਰਦਰਸ਼ਨ ਤੋਂ ਬਾਅਦ ਕੀਤਾ ਗਿਆ।
ਨੇਪਾਲ ਦੇ ਕਈ ਹਿੱਸਿਆਂ ਵਿੱਚ ਅੱਜ ਵਿਦਿਆਰਥੀਆਂ ਦੀ ਅਗਵਾਈ ਵਿੱਚ ਨਵੇਂ ਸਿਰੇ ਤੋਂ ਪ੍ਰਦਰਸ਼ਨ ਹੋਏ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਜਨਤਕ ਇਕੱਠਾਂ ’ਤੇ ਪਾਬੰਦੀ ਦੀ ਉਲੰਘਣਾ ਕਰਦੇ ਹੋਏ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਦੇ ਅਸਤੀਫ਼ੇ ਦੀ ਮੰਗ ਕੀਤੀ ਸੀ। ਪੀਟੀਆਈ ਦੀ ਇੱਕ ਰਿਪੋਰਟ ਮੁਤਾਬਕ ਕਾਠਮੰਡੂ ਦੇ ਕਾਲੰਕੀ ਅਤੇ ਬਨੇਸ਼ਵਰ ਦੇ ਨਾਲ-ਨਾਲ ਲਲਿਤਪੁਰ ਜ਼ਿਲ੍ਹੇ ਦੇ ਚਾਪਗਾਉਂ-ਥੇਚੋ ਖੇਤਰ ਤੋਂ ਧਰਨੇ ਪ੍ਰਦਰਸ਼ਨਾਂ ਦੀ ਰਿਪੋਰਟ ਮਿਲੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਮੰਗਲਵਾਰ ਨੂੰ ਨੇਪਾਲ ਦੇ ਤੇਜ਼ੀ ਨਾਲ ਵਿਗੜਦੇ ਸਿਆਸੀ ਹਾਲਾਤ ’ਤੇ ਚਰਚਾ ਕਰਨ ਲਈ ਸਰਬ-ਪਾਰਟੀ ਮੀਟਿੰਗ ਸੱਦ ਲਈ ਸੀ।
ਪ੍ਰਦਰਸ਼ਨਕਾਰੀ, ਜਿਨ੍ਹਾਂ ਵਿੱਚੋਂ ਬਹੁਗਿਣਤੀ ਵਿਦਿਆਰਥੀ ਸਨ, ਨੇ ਜਨਤਕ ਇਕੱਠਾਂ ’ਤੇ ਪਾਬੰਦੀ ਦੀ ਉਲੰਘਣਾ ਕਰਦੇ ਹੋਏ ‘ਵਿਦਿਆਰਥੀਆਂ ਨੂੰ ਨਾ ਮਾਰੋ’ ਵਰਗੇ ਨਾਅਰੇ ਲਗਾਏ। ਏਐਨਆਈ ਨੇ ‘ਦਿ ਹਿਮਾਲੀਅਨ ਟਾਈਮਜ਼’ ਦੇ ਹਵਾਲੇ ਨਾਲ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਨੇ ਮੰਗਲਵਾਰ ਸਵੇਰੇ ਲਲਿਤਪੁਰ ਦੇ ਸੁਨਾਕੋਠੀ ਵਿੱਚ ਸੰਚਾਰ ਅਤੇ ਸੂਚਨਾ ਤਕਨਾਲੋਜੀ ਮੰਤਰੀ ਪ੍ਰਿਥਵੀ ਸੁੱਬਾ ਗੁਰੰਗ ਦੇ ਨਿੱਜੀ ਘਰ ਨੂੰ ਅੱਗ ਲਗਾ ਦਿੱਤੀ। ਗੁਰੰਗ ਨੇ ਸੋਸ਼ਲ ਮੀਡੀਆ ਸਾਈਟਾਂ ’ਤੇ ਪਾਬੰਦੀ ਲਗਾਉਣ ਦਾ ਆਦੇਸ਼ ਦਿੱਤਾ ਸੀ।
ਪੁਲੀਸ ਮੁਤਾਬਕ ਪ੍ਰਦਰਸ਼ਨਕਾਰੀਆਂ ਨੇ ਸ਼ੁਰੂ ਵਿੱਚ ਮੰਤਰੀ ਦੇ ਘਰ ’ਤੇ ਪੱਥਰ ਸੁੱਟੇ, ਜਿਸ ਤੋਂ ਬਾਅਦ ਹਾਲਾਤ ਅੱਗਜ਼ਨੀ ਤੱਕ ਪਹੁੰਚ ਗਏ। ‘ਦ ਹਿਮਾਲੀਅਨ ਟਾਈਮਜ਼’ ਦੀ ਰਿਪੋਰਟ ਅਨੁਸਾਰ ਭੰਨਤੋੜ ਅਤੇ ਅੱਗ ਲੱਗਣ ਦੀ ਇੱਕ ਛੋਟੀ ਜਿਹੀ ਘਟਨਾ ਵਾਪਰੀ, ਹਾਲਾਂਕਿ ਹਾਲਾਤ ਹੁਣ ਕਾਬੂ ਵਿੱਚ ਹਨ।
ਉਧਰ ਇੱਕ ਤਾਜ਼ਾ ਘਟਨਾਕ੍ਰਮ ਵਿੱਚ ਨੇਪਾਲ ਦੇ ਖੇਤੀਬਾੜੀ ਮੰਤਰੀ ਰਾਮ ਨਾਥ ਅਧਿਕਾਰੀ ਨੇ ਮੰਗਲਵਾਰ ਨੂੰ ਅਸਤੀਫਾ ਦੇ ਦਿੱਤਾ। ਉਨ੍ਹਾਂ ਪ੍ਰਦਰਸ਼ਨਕਾਰੀਆਂ ਖਿਲਾਫ਼ ਸਰਕਾਰ ਦੀ ਕਾਰਵਾਈ ਦੀ ਨਿਖੇਧੀ ਕੀਤੀ।
ਸੋਸ਼ਲ ਮੀਡੀਆ ਸਾਈਟਾਂ ’ਤੇ ਪਾਬੰਦੀ ਖਿਲਾਫ਼ ਨੌਜਵਾਨਾਂ ਵੱਲੋਂ ਕੀਤੇ ਗਏ ਹਿੰਸਕ ਵਿਰੋਧ ਪ੍ਰਦਰਸ਼ਨਾਂ ਨੇ ਸੋਮਵਾਰ ਨੂੰ ਨੇਪਾਲ ਨੂੰ ਹਿਲਾ ਕੇ ਰੱਖ ਦਿੱਤਾ। ਪ੍ਰਦਰਸ਼ਨਕਾਰੀ ਨੌਜਵਾਨਾਂ ਤੇ ਸੁਰੱਖਿਆ ਬਲਾਂ ਦਰਮਿਆਨ ਹੋਏ ਟਕਰਾਅ ਵਿਚ ਹੁਣ ਤੱਕ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਗਈ ਅਤੇ 300 ਤੋਂ ਵੱਧ ਹੋਰ ਜ਼ਖਮੀ ਹੋ ਗਏ। ਹਾਲਾਤ ਵਿਗੜਨ ਮਗਰੋਂ ਰਾਜਧਾਨੀ ਵਿੱਚ ਨੇਪਾਲੀ ਫੌਜ ਤਾਇਨਾਤ ਕਰ ਦਿੱਤੀ ਗਈ ਹੈ। ਫੌਜ ਦੇ ਜਵਾਨਾਂ ਨੇ ਨਿਊ ਬਨੇਸ਼ਵਰ ਵਿੱਚ ਸੰਸਦ ਕੰਪਲੈਕਸ ਦੇ ਆਲੇ-ਦੁਆਲੇ ਦੀਆਂ ਸੜਕਾਂ ਦਾ ਕੰਟਰੋਲ ਆਪਣੇ ਹੱਥਾਂ ਵਿੱਚ ਲੈ ਲਿਆ ਹੈ।
